ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸ਼ਨ ਦੇ ਸੁਮੇਲ ਨਾਲ ਨਸ਼ਿਆਂ ‘ਤੇ ਪਾਈ ਜਾਵੇਗੀ ਨਕੇਲ,- ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਦੀ ਅਗੁਵਾਈ ‘ਚ ਉੱਚ ਪੱਧਰੀ ਮੀਟਿੰਗ ਆਯੋਜਿਤ – ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਰਹੇ ਮੌਜੂਦ- ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਆਉਣ ਅੱਗੇ – ਸੁਰਭੀ ਮਲਿਕ ਤੇ ਕੌਸ਼ਤੁਭ ਸ਼ਰਮਾ
ਲੁਧਿਆਣਾ, 24 ਮਈ – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਸ੍ਰੀ ਕੌਸ਼ਤੁਭ ਸ਼ਰਮਾ ਦੀ ਅਗੁਵਾਈ ਹੇਠ ਅੱਜ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ ਗਿਆ ਜਿਸ ਵਿੱਚ ਸਾਡੇ ਨੌਜਵਾਨਾਂ ਨੂੰ ਨਸ਼ੇ ਦੇ ਕੋਹੜ ਵਿੱਚੋਂ ਕੱਢਣ ਅਤੇ ਇਸ ਦੀ ਸਪਲਾਈ ਚੇਨ ਤੋੜਨ ‘ਤੇ ਜ਼ੋਰ ਦਿੱਤਾ ਗਿਆ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ, ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ ਤੋਂ ਇਲਾਵਾ ਸਿਵਲ, ਪੁਲਿਸ ਪ੍ਰਸ਼ਾਸ਼ਨ ਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਪੁਲਿਸ ਕਮਿਸ਼ਨਰ ਸ੍ਰੀ ਕੌਸ਼ਤੁਭ ਸ਼ਰਮਾ ਨੇ ਕਿਹਾ ਸੂਬਾ ਸਰਕਾਰ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਇਕ ਜਾਗਰੂਕਤਾ ਅਭਿਆਨ ਚਲਾਵੇਗੀ, ਤਾਂ ਜੋ ਨੌਜਵਾਨਾਂ ਦੀ ਬੇਅੰਤ ਊਰਜ਼ਾ ਨੂੰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਵਚਨਬੱਧ ਹੈ, ਹੁਣ ਇਹ ਫੈਸਲਾ ਲਿਆ ਗਿਆ ਹੈ ਸਕੂਲ ਅਤੇ ਕਾਲਜ ਵਿਦਿਆਰਥੀਆਂ ਤੋਂ ਇਲਾਵਾ ਸਮਾਜ ਦੇ ਹਰ ਵਰਗ ਦੇ ਸਹਿਯੋਗ ਰਾਹੀਂ ਇੱਕ ਵੱਡੀ ਜਾਗਰੂਕਤਾ ਲਹਿਰ ਦੀ ਸੁਰੂਆਤ ਕੀਤੀ ਜਾਵੇ ਤਾਂ ਜੋ ਨਸ਼ਿਆਂ ਦੇ ਸ਼ਿਕਾਰ ਹੋਏ ਲੋਕਾਂ ਨੂੰ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ ਅਤੇ ਉਹ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਸਕਣ।
ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਇਸ ਮੁਹਿੰਮ ਲਈ ਪਹਿਲਾਂ ਹੀ ਖਾਕਾ ਤਿਆਰ ਕਰ ਲਿਆ ਗਿਆ ਹੈ ਅਤੇ ਕਿਹਾ ਕਿ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਪੱਬਾਂ ਭਾਰ ਹੈ ਕਿ ਨਸ਼ਿਆਂ ਦੀ ਬੁਰਾਈ ਦਾ ਸੂਬੇ ਤੋਂ ਪੂਰੀ ਤਰਾਂ ਸਫਾਇਆ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ੇ ਦੇ ਆਦੀ ਨੌਜਵਾਨਾਂ ਦੇ ਇਲਾਜ ਲਈ ਨਸ਼ਾ ਛੁਡਾਊ ਅਤੇ ਓਟ ਕਲੀਨਿਕ ਵਿੱਚ ਇਲਾਜ਼ ਅਧੀਨ ਲੋਕਾਂ ਵੱਲੋਂ 100 ਫੀਸਦ ਭਰਵਾਂ ਹੁੰਗਾਰਾ ਮਿਲ ਰਿਹਾ ਹੈ. ਉਨ੍ਹਾਂ ਦੱਸਿਆ ਕਿ ਇਹ ਕੇਂਦਰ ਨਸ਼ੇ ਦੇ ਆਦੀ ਨੌਜਵਾਨਾਂ ਦੀ ਜ਼ਿੰਦਗੀ ਬਦਲ ਰਹੇ ਹਨ ਕਿਉਂਕਿ ਇਥੇ ਚੰਗੇ ਇਲਾਜ਼ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਵਿਚ ਸਹਾਇਤਾ ਕੀਤੀ ਜਾਂਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਇਨ੍ਹਾਂ ਕੇਂਦਰਾਂ ਵਿੱਚ ਸ਼ੁਰੂ ਕੀਤੇ ਜਾ ਰਹੇ ਵੱਖ ਵੱਖ ਟਰੇਡਾਂ ਵਿੱਚ ਇਨ੍ਹਾਂ ਦੇ ਹੁਨਰ ਨੂੰ ਪਛਾਣ ਕੇ ਰੁਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰ ਰਿਹਾ ਹੈ ਜਿਸਦੇ ਤਹਿਤ 27 ਮਈ, 2022 ਨੂੰ ਸੀਸੂ ਕੰਪਲੈਕਸ, ਫੋਕਲ ਪੁਆਇੰਟ ਲੁਧਿਆਣਾ ਵਿਖੇ ‘ਮੈਗਾ ਰੋਜ਼ਗਾਰ ਮੇਲਾ-2022’ ਦਾ ਵੀ ਵਿਸ਼ੇ਼ਸ਼ ਤੌਰ ‘ਤੇ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਵਿੱਚੋਂ ਕੱਢ ਕੇ ਆਪਣੇ ਪੈਰਾਂ ਸਿਰ ਖੜ੍ਹੇ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਸਾਂਝੇ ਤੌਰ ‘ਤੇ ਕਿਹਾ ਕਿ ਨਸ਼ਿਆ ਬਾਰੇ ਜਾਗਰੂਕਤਾ ਲਈ ਸਕੂਲਾਂ ਵਿੱਚ ਨੁੱਕੜ ਨਾਟਕ, ਸਲੋਗਨ ਮੁਕਾਬਲੇ, ਲੇਖ ਮੁਕਾਬਲੇ ਆਦਿ ਕਰਵਾਏ ਜਾਣ। ਇਸ ਤੋਂ ਇਲਾਵਾ ਉਨ੍ਹਾਂ ਅਧਿਆਪਕ ਵਰਗ, ਬੁੱਧੀਜੀਵੀ ਵਰਗ, ਐਨ.ਜੀ.ਓ., ਉਦਯੋਗਪਤੀ, ਸਕੂਲੀ ਬੱਚਿਆਂ ਦੇ ਮਾਪੇ, ਕੌਂਸਲਰ ਸਹਿਬਾਨ ਤੋਂ ਇਲਾਵਾ ਸਮਾਜ ਦੇ ਹਰ ਵਰਗ ਨੂੰ ਅਪੀਲ ਕੀਤੀ ਕਿ ਸੂਬੇ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਉਹ ਅੱਗੇ ਆਉਣ।
—–ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ